ਨਸ਼ਿਆਂ ਬਾਰੇ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਐਲਾਨ

Capt Amarinder Singh

ਪੰਜਾਬ ਵਿੱਚ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਕਈ ਨੌਜਵਾਨਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਉਂਦਿਆਂ ਰੌਲਾ ਪਿਆ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਐਲਾਨ ਕੀਤੇ। ਹੁਣ ਉਨ੍ਹਾਂ ਦਾ ਨਵਾਂ ਐਲਾਨ ਹੈ ਨਸ਼ਾ ਛੁਡਾਊ ਕੇਂਦਰਾਂ ਵਿੱਚ ਪੀੜਤਾਂ ਦਾ ਮੁਫ਼ਤ ਇਲਾਜ਼।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਗਰੀਬ ਨਸ਼ੇੜੀਆਂ ਦਾ ਇਲਾਜ ਮੁਫ਼ਤ ਹੋਵੇਗਾ।

ਉਨ੍ਹਾਂ ਟਵੀਟ ਕੀਤਾ, ''ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਸ਼ਾ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਗਰੀਬ ਨਸ਼ੇੜੀਆਂ ਦਾ ਇਲਾਜ਼ ਮੁਫ਼ਤ ਹੋਵੇਗਾ। ਵਿੱਤ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਨੂੰ ਜ਼ਰੂਰੀ ਫੰਡ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।''

ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਨੂੰ ਤਾਕੀਦ ਕੀਤੀ ਹੈ ਕਿ ਨਸ਼ਾ ਕਰਨ ਵਾਲਿਆਂ 'ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਪੁਲਿਸ ਵੀ ਨਾ ਦਾਖਲ ਹੋਵੇ।

ਇਸ ਤੋਂ ਤੁਰੰਤ ਬਾਅਦ ਇੱਕ ਹੋਰ ਟਵੀਟ ਕੈਪਟਨ ਅਮਰਿੰਦਰ ਸਿੰਘ ਦੇ ਟਵਿੱਟਰ ਹੈਂਡਲ ਤੋਂ ਕੀਤਾ ਗਿਆ।

ਉਨ੍ਹਾਂ ਲਿਖਿਆ, ''ਅੰਤਰਰਾਜੀ ਨਸ਼ਾ ਤਸਕਰੀ ਨੂੰ ਲੈ ਕੇ ਬੇਹੱਦ ਚਿੰਤਤ ਹਾਂ। ਨਸ਼ਾ ਗੁਆਂਢੀ ਸੂਬਿਆਂ ਤੋਂ ਪੰਜਾਬ ਵਿੱਚ ਆ ਰਿਹਾ ਹੈ। ਮੈਂ ਜਲਦ ਹੀ ਇਹ ਮੁੱਦਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਕੋਲ ਚੁੱਕਾਂਗਾ ਤਾਂ ਜੋ ਇਸ 'ਤੇ ਠੱਲ੍ਹ ਪਾਈ ਜਾ ਸਕੇ।''

ਕੈਪਟਨ ਅਮਰਿੰਦਰ ਸਿੰਘ ਇਸ ਤੋ ਪਹਿਲਾਂ ਨਸ਼ਾ ਤਸਕਰਾਂ ਲਈ ਫਾਂਸੀ ਦੀ ਸਜ਼ਾ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਮੰਤਰੀਆਂ ਸਮੇਤ ਸਿਆਸੀ ਆਗੂਆਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਡੋਪ ਟੈਸਟ ਦਾ ਚੈਲੇਂਜ ਦਿੱਤਾ ਹੈ।

ਕੈਪਟਨ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਨੂੰ ਵੀ ਨਸ਼ੇ ਦੇ ਮਾਰੂ ਅਸਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕਰ ਚੁੱਕੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)