ਕਰਤਾਰਪੁਰ ਲਾਂਘਾ: ਪਾਕਿਸਤਾਨ ਜਾਣਾ ਸਿੱਧੂ ਦਾ ਨਿੱਜੀ ਫੈਸਲਾ - ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੂਨ-ਖਰਾਬਾ ਰੁੱਕਣ ਤੱਕ ਪਾਕਿਸਤਾਨ ਨਹੀਂ ਜਾਣਗੇ Image copyright Getty Images
ਫੋਟੋ ਕੈਪਸ਼ਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੂਨ-ਖਰਾਬਾ ਰੁੱਕਣ ਤੱਕ ਪਾਕਿਸਤਾਨ ਨਹੀਂ ਜਾਣਗੇ

ਕਰਤਾਰਪੁਰ ਲਾਂਘਾ ਦੇ ਪਾਕਿਸਤਾਨ ਵਿੱਚ ਹੋਣ ਵਾਲੇ ਨੀਂਹ ਪੱਥਰ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਦੇ ਸ਼ਾਮਿਲ ਹੋਣ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਫੈਸਲਾ ਦੱਸਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੇ ਪਾਕਿਸਤਾਨ ਜਾਣ ਬਾਰੇ ਲਏ ਫੈਸਲੇ ਬਾਰੇ ਕਿਹਾ ਕਿ ਨਵਜੋਤ ਸਿੱਧੂ ਦਾ ਇਹ ਆਪਣਾ ਸੋਚਣ ਦਾ ਤਰੀਕਾ ਹੈ।

ਉਨ੍ਹਾਂ ਕਿਹਾ, '' ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣਾ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਇੱਕ ਫੌਜੀ ਹੋਣ ਦੇ ਨਾਤੇ ਮੈਂ ਇਹ ਬੇਕਸੂਰ ਭਾਰਤੀਆਂ ਦੀਆਂ ਹੁੰਦੀਆਂ ਮੌਤਾਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਹਾਂ। ਅਜਿਹੇ ਹਾਲਾਤ ਵਿੱਚ ਮੈਂ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਜਾਣਾ ਸਹੀ ਨਹੀਂ ਸਮਝਿਆ।''

ਸੋਮਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।

ਕਰਤਾਰਪੁਰ ਲਾਂਘਾ ਭਾਰਤ-ਪਾਕਿਸਤਾਨ ਸਰਹੱਦ ਤੇ ਬਣਾਇਆ ਜਾ ਰਿਹਾ ਹੈ ਜਿਸਦਾ ਇੱਕ ਹਿੱਸਾ ਪਾਕਿਸਤਾਨ ਵਿੱਚ ਅਤੇ ਦੂਜਾ ਹਿੱਸਾ ਭਾਰਤ ਵਿੱਚ ਹੋਵੇਗਾ।

ਇਸ ਲਾਂਘੇ ਜ਼ਰੀਏ ਭਾਰਤ ਦੇ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਕਰਤਾਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ-

28 ਨਵੰਬਰ ਨੂੰ ਪਾਕਿਸਤਾਨ ਵਿੱਚ ਵੀ ਲਾਂਘੇ ਦਾ ਨੀਂਹ ਪੱਥਰ ਰੱਖਣ ਦਾ ਸਮਾਗਮ ਹੈ। ਇਸ ਸਮਾਗਮ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਸੱਦਾ ਦਿੱਤਾ ਗਿਆ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਸੱਦਾ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਕੈਪਟਨ ਅਮਰਿੰਦਰ ਨੇ ਕਿਹਾ ਸੀ ਜਦੋਂ ਤੱਕ ਪਾਕਿਸਤਾਨ ਵੱਲੋਂ ਖੂਨ-ਖਰਾਬਾ ਨਹੀਂ ਰੁਕਦਾ ਹੈ ਉਹ ਕਰਤਾਰਪੁਰ ਸਾਹਿਬ ਨਹੀਂ ਜਾਣਗੇ।

ਫੋਟੋ ਕੈਪਸ਼ਨ 28 ਨਵੰਬਰ ਨੂੰ ਨਵਜੋਤ ਸਿੱਧੂ ਪਾਕਿਸਤਾਨ ਦੇ ਸਮਾਗਮ ਵਿੱਚ ਇਮਰਾਨ ਖ਼ਾਨ ਦੇ ਸੱਦੇ 'ਤੇ ਜਾ ਰਹੇ ਹਨ

'ਪਾਕਿਸਤਾਨ ਮੰਤਰੀ ਭੇਜਣੇ ਗਲਤ'

ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਭਾਰਤ ਸਰਕਾਰ ਵੱਲੋਂ ਦੋ ਕੇਂਦਰੀ ਮੰਤਰੀ ਭੇਜੇ ਜਾਣ ਦੀ ਨਿਖੇਧੀ ਕੀਤੀ ਹੈ।

ਫੋਟੋ ਕੈਪਸ਼ਨ ਸੋਮਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ

ਸੁਭਰਾਮਨੀਅਮ ਸਵਾਮੀ ਨੇ ਕਿਹਾ, "ਅਜਿਹਾ ਕਰਨ ਨਾਲ ਅਸੀਂ ਪਾਕਿਸਤਾਨ ਨੂੰ ਸਨਮਾਨ ਦੇ ਰਹੇ ਹਾਂ। ਅਜਿਹੇ ਹਾਲਾਤ ਵਿੱਚ ਇਹ ਕਦਮ ਗਲਤ ਸਾਬਿਤ ਹੋ ਸਕਦਾ ਹੈ।''

ਸੁਭਰਾਮਨੀਅਮ ਸਵਾਮੀ ਨੇ ਕਿਹਾ ਕਿ 26/11 ਦੇ ਮੁੰਬਈ ਹਮਲੇ ਦੀ ਬਰਸੀ ਮੌਕੇ ਪਾਕਿਸਤਾਨ ਵਿੱਚ ਕੁਝ ਅੱਤਵਾਦੀ ਖੁਸ਼ੀ ਮਨਾ ਰਹੇ ਹੋਣਗੇ ਅਤੇ ਅਜਿਹਾ ਕਦਮ ਮੁਸ਼ਕਿਲ ਖੜ੍ਹੀ ਕਰ ਸਕਦਾ ਹੈ।

Image copyright @SWAMY39
ਫੋਟੋ ਕੈਪਸ਼ਨ ਸੁਬਰਮਨੀਅਮ ਸਵਾਮੀ ਪਾਕਿਸਤਾਨ ਦੇ ਸਮਾਗਮ ਵਿੱਚ ਦੋ ਮੰਤਰੀ ਭੇਜੇ ਜਾਣ ਦੀ ਨਿਖੇਧੀ ਕਰਦੇ ਹਨ

ਪਾਕਿਸਤਾਨ ਵੱਲੋਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵੀ ਸਮਾਗਮ ਲਈ ਸੱਦਾ ਦਿੱਤਾ ਗਿਆ ਸੀ। ਪਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੇ ਹੋਣ ਦਾ ਹਵਾਲਾ ਦੇ ਕੇ ਸੁਸ਼ਮਾ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਿੱਚ ਖੁਦ ਨੂੰ ਅਸਮਰੱਥ ਦੱਸਿਆ।

ਸੁਸ਼ਮਾ ਸਵਰਾਜ ਵੱਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨੂੰ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ।

ਹਰਸਿਮਰਤ ਕੌਰ ਬਾਦਲ ਤੇ ਹਰਦੀਪ ਪੁਰੀ ਨੇ ਵੀ ਆਪਣੀਆਂ ਨਾਮਜ਼ਦਗੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ।

ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੀਆਂ ਹਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)