ਕਰਤਾਪੁਰ ਲਾਂਘਾ : ਅੱਤਵਾਦ ਅਤੇ ਗੱਲਬਾਤ ਇਕੱਠੀ ਨਹੀਂ ਚੱਲ ਸਕਦੀ - ਸੁਸ਼ਮਾ ਸਵਰਾਜ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ Image copyright AFP

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਕਹਿਣਾ ਹੈ ਭਾਰਤ ਸਰਕਾਰ ਵੱਲੋਂ ਕਈ ਸਾਲਾਂ ਤੋਂ ਕਰਤਾਪੁਰ ਲਾਂਘੇ ਬਾਰੇ ਪੁੱਛਿਆ ਜਾ ਰਿਹਾ ਹੈ, ਪਰ ਇਹ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਨੇ ਸਕਾਰਾਤਮਕ ਜਵਾਬ ਦਿੱਤਾ ਹੈ।

ਸੁਸ਼ਮਾ ਸਵਰਾਜ ਨੇ ਕਿਹਾ ਕਿ ਕਰਤਾਪੁਰ ਲਾਂਘੇ ਦੀ ਉਸਾਰੀ ਦੇ ਨੀਂਹ ਪੱਥਰ ਦਾ ਬਿਲਕੁਲ ਇਹ ਮਤਲਬ ਨਹੀਂ ਹੈ ਕਿ ਦੁਵੱਲੀ ਗੱਲਬਾਤ ਸ਼ੁਰੂ ਹੋ ਜਾਵੇਗੀ। ਅੱਤਵਾਦ ਅਤੇ ਗੱਲਬਾਤ ਇਕੱਠੀ ਨਹੀਂ ਚੱਲ ਸਕਦੀ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਸ਼ਮੀਰ ਸੰਮੇਲਨ ਦੌਰਾਨ ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਡਾ. ਮੁਹੰਮਦ ਫੈਸਲ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਊਥ ਏਸ਼ੀਅਨ ਐਸੋਸੀਏਸ਼ਨ ਫਾਰ ਰੀਜਨਲ ਕੋ-ਓਪਰੇਸ਼ਨ (ਸਾਰਕ) ਸਿਖਰ ਸੰਮੇਲਨ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:

ਇਮਰਾਨ ਨੇ ਕੀ ਕਿਹਾ ਤੇ ਕੀ ਹੈ ਭਾਰਤ ਦਾ ਪ੍ਰਤੀਕਰਮ

ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਨਾਲ ਸਬੰਧਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਤੋਂ ਲਾਂਘੇ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ, ' ਸਾਡਾ ਇੱਕ ਮੁੱਦਾ ਹੈ ਕਸ਼ਮੀਰ ਕੀ ਅਸੀਂ ਚੰਦ ਉੱਤੇ ਜਾ ਸਕਦੇ ਹਾਂ ਤਾਂ ਇੱਕ ਮੁੱਦਾ ਕਿਉਂ ਹੱਲ ਨਹੀਂ ਕਰ ਸਕਦੇ, ਹੁਣ ਪਾਕਿਸਤਾਨ ਦੇ ਸਿਆਸੀ ਦਲ ਤੇ ਫੌਜ ਇੱਕ ਪੇਜ਼ ਉੱਤੇ ਹਨ ਅਤੇ ਦੋਵਾਂ ਮੁਲਕਾਂ ਦੇ ਆਗੂਆਂ ਨੂੰ ਮਜ਼ਬੂਤੀ ਨਾਲ ਅੱਗੇ ਵਧਣਾ ਚਾਹੀਦਾ ਹੈ'।

ਇਮਰਾਨ ਖਾਨ ਦੇ ਇਸ ਬਿਆਨ ਦਾ ਭਾਰਤ ਸਰਕਾਰ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਪਵਿੱਤਰ ਧਾਰਮਿਕ ਸਮਾਗਮ ਨੂੰ ਸਿਆਸਤ ਲਈ ਵਰਤਿਆ ਹੈ।ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਸਮਾਗਮ ਵਿਚ ਕਸ਼ਮੀਰ ਦੇ ਮੁੱਦੇ ਦਾ ਜ਼ਿਕਰ ਗੈਰਵਾਜਬ ਸੀ।

ਉਨ੍ਹਾ ਕਿਹਾ, 'ਕਸ਼ਮੀਰ ਭਾਰਤ ਦਾ ਅਟੁੱਟ ਅਤੇ ਅਭਿੰਨ ਅੰਗ ਹੈ, ਪਾਕਿਸਤਾਨ ਨੂੰ ਅੱਤਵਾਦ ਨੂੰ ਸ਼ਰਨ ਦੇਣਾ ਬੰਦ ਕਰਨ ਅਤੇ ਸਰਹੱਦ ਪਾਰਲੇ ਅੱਤਵਾਦ ਨੂੰ ਰੋਕਣ ਦੀ ਆਪਣੀ ਕੌਮਾਂਤਰੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ'।

Image copyright FB/IMRAN KHAN

26 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ।

ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਾਂਘਾ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਪਰ ਉਹ ਨੀਂਹ ਪੱਥਰ ਸਮਾਰੋਹ ਲਈ ਪਾਕਿਸਤਾਨ ਨਹੀਂ ਜਾਣਗੇ ਜਦੋਂ ਤੱਕ ਪਾਕਿਸਤਾਨ ਵੱਲੋਂ ਭਾਰਤ ਖ਼ਿਲਾਫ਼ ਹਿੰਸਾ ਨਹੀਂ ਰੁਕ ਜਾਂਦੀ।

ਉਨ੍ਹਾਂ ਕਿਹਾ ਸੀ,''ਇੱਕ ਮੁੱਖ ਮੰਤਰੀ ਦੇ ਤੌਰ 'ਤੇ ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਆਪਣੇ ਖ਼ੂਨ ਦੇ ਆਖ਼ਰੀ ਕਤਰੇ ਤੱਕ ਪੰਜਾਬ ਦੇ ਲੋਕਾਂ ਨੂੰ ਅੱਤਵਾਦ ਤੋਂ ਬਚਾਵਾਂ।''

ਪਾਕਿਸਤਾਨ ਵਾਲੇ ਪਾਸਿਓਂ ਵੀ ਅੱਜ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।

ਇਹ ਨੀਂਹ ਪੱਥਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਰੱਖ ਰਹੇ ਹਨ। ਲਾਂਘੇ ਦੀ ਉਸਾਰੀ ਦਾ ਐਲਾਨ ਇਮਰਾਨ ਖ਼ਾਨ ਦੇ ਸੱਤਾ ਸੰਭਾਲਣ ਮਗਰੋਂ ਕੀਤਾ ਗਿਆ ਸੀ।

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਾਹੌਰ ਪਹੁੰਚੇ ਹੋਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ