ਕਰਤਾਰਪੁਰ ਲਾਂਘਾ: ਸੁਬਰਾਮਨੀਅਮ ਸਵਾਮੀ ਦੇ ਬਿਆਨ 'ਤੇ ਕੌਣ ਕੀ ਕਹਿ ਰਿਹਾ

ਸੁਬਰਾਮਨੀਅਮ ਸਵਾਮੀ Image copyright Getty Images

ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕਿਹਾ ਹੈ ਕਿ ਰਾਸ਼ਟਰੀ ਹਿੱਤ ਵਿੱਚ ਕਰਤਾਰਪੁਰ ਲਾਂਘੇ ਦਾ ਕੰਮ ਰੋਕ ਦਿੱਤਾ ਜਾਵੇ ਅਤੇ ਪਾਕਿਸਤਾਨ ਨਾਲ ਕੋਈ ਗੱਲਬਾਤ ਨਾ ਕੀਤੀ ਜਾਵੇ।

ਸਵਾਮੀ ਨੇ ਚੰਡੀਗੜ੍ਹ ਵਿੱਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਣੀ ਚਾਹੀਦੀ ਅਤੇ ਕਰਤਾਰਪੁਰ ਲਾਂਘਾ ਬਣਾਉਣਾ ਵੀ ਇਸ ਵਿੱਚ ਸ਼ਾਮਲ ਹੈ।

ਉਨ੍ਹਾਂ ਨੇ ਕਿਹਾ, "ਸਿੱਖ ਭਾਈਚਾਰਾ ਦੇਸ ਦਾ ਅਟੁੱਟ ਹਿੱਸਾ ਹੈ। ਮੈਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਾ ਹਾਂ। ਪਰ ਸਿੱਖਾਂ ਨੂੰ ਸਮਝਣਾ ਚਾਹੀਦਾ ਹੈ ਕਿ ਪਾਕਿਸਤਾਨ ਦੇ ਇਰਾਦੇ ਸਹੀ ਨਹੀਂ ਹਨ।"

ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ਨੂੰ ਧਾਰਾ 370 ਤਹਿਤ ਮਿਲੇ ਵਿਸ਼ੇਸ਼ ਅਧਿਕਾਰ ਖ਼ਤਮ ਕੀਤੇ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵੱਧ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹ ਉਮੀਦ ਜਤਾਈ ਸੀ ਕਿ ਇਸ ਕਾਰਨ ਕਰਤਾਰਪੁਰ ਲਾਂਘੇ ਦਾ ਕੰਮ ਰੋਕਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ-

Image copyright AFP/GETTY IMAGES

ਸੁਬਰਾਮਨੀਅਮ ਸਵਾਮੀ ਦੇ ਬਿਆਨ ਦੇ 'ਤੇ ਕਿਸਨੇ ਕੀ ਕਿਹਾ

ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਟਿੱਪਣੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਣ ਆਸ਼ੂ ਸਣੇ ਕਈ ਹੋਰ ਵਿਧਾਇਕਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ।

ਉਨ੍ਹਾਂ ਨੇ ਸੁਬਰਾਮਨੀਅਮ ਸਵਾਮੀ ਦੇ ਬਿਆਨ ਦੇ ਆਧਾਰ 'ਤੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ, "ਬਾਦਲ ਪਰਿਵਾਰ ਬਾਰੇ ਪੂਰਾ ਪੰਜਾਬ, ਖ਼ਾਸ ਕਰਕੇ ਸਿੱਖਾਂ ਨੂੰ ਪਤਾ ਹੈ ਕਿ ਉਹ ਸਿੱਖ ਭਾਈਚਾਰੇ ਲਈ ਕੰਮ ਕਰਨ ਦੀ ਬਜਾਇ ਸੱਤਾ ਨਾਲ ਚਿਪਕੇ ਰਹਿਣਾ ਪਸੰਦ ਕਰਦੇ ਹਨ।"

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਇਸ ਬਾਰੇ ਆਪਣੇ ਰੁਖ਼ ਕਿਉਂ ਨਹੀਂ ਸਪੱਸ਼ਟ ਕਰਦੀ?

ਇਸ ਦੇ ਜਵਾਬ ਵਿੱਚ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਭੂਸ਼ਣ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਬਾਰੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਰੁਖ਼ ਸਪੱਸ਼ਟ ਹੈ ਕਿ ਕਰਤਾਰਪੁਰ ਲਾਂਘਾ ਬਣੇਗਾ।

Image copyright @mssirsa

ਉਨ੍ਹਾਂ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਨੇ ਇਸ ਵਿੱਚ ਆਪਣੀ ਮਹੱਤਵਪੂਰਨ ਯੋਗਦਾਨ ਪਾਇਆ ਹੈ ਤੇ ਹਰ ਅਸੰਭਵ ਯਤਨ ਕੀਤਾ ਜੋ ਬੜੀ ਜਲਦੀ ਸਾਕਾਰ ਹੋਣ ਜਾ ਰਿਹਾ ਹੈ।"

ਉਨ੍ਹਾਂ ਨੇ ਕਿਹਾ ਹੈ ਕਿ ਸਪੱਸ਼ਟੀਕਰਨ ਦੀ ਲੋੜ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਹੈ ਜਿਨ੍ਹਾਂ ਨੇ ਇਹ ਬਿਆਨ ਦਿੱਤਾ ਹੈ ਕਿ ਕਰਤਾਰਪੁਰ ਦੇ ਲਾਂਘੇ ਦਾ ਪਾਕਿਸਤਾਨ ਅੱਤਵਾਦ ਲਈ ਇਸਤੇਮਾਲ ਕਰੇਗਾ।

ਪਾਕਿਸਤਾਨ ਦਾ ਲਾਂਘੇ 'ਤੇ ਰੁਖ

ਹਾਲਾਂਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਕਰਤਾਰਪੁਰ ਲਾਂਘੇ ਦਾ ਕੰਮ ਜਾਰੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਸਿੱਖ ਦਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਉਹ ਸੁਆਗਤ ਕਰਦੇ ਹਨ।

ਇਸ ਤੋਂ ਇਲਾਵਾ ਸੂਚਨਾ ਅਤੇ ਪ੍ਰਸਾਰਣ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਹਾਇਕ ਡਾ. ਫਿਰਦੌਸ ਆਸ਼ਿਕ ਨੇ ਕਰਤਾਰਪੁਰ ਲਾਂਘੇ ਬਾਰੇ ਟਵੀਟ ਕੀਤਾ ਹੈ।

ਉਨ੍ਹਾ ਲਿਖਿਆ ਹੈ, ''ਕਰਤਾਰਪੁਰ ਲਾਂਘਾ ਆਪਸੀ ਸਦਭਾਵ ਦੀ ਇੱਕ ਮਿਸਾਲ ਹੈ ਕਿਉਂਕਿ ਇਸ ਦੇ ਮੁਕੰਮਲ ਹੋਣ ਨਾਲ ਵੱਖ ਵੱਖ ਧਰਮਾਂ ਅਤੇ ਸੱਭਿਅਤਾਵਾਂ ਦੇ ਲੋਕਾਂ ਦੇ ਰਲੇਵੇਂ ਨੂੰ ਉਤਸ਼ਾਹ ਮਿਲੇਗਾ।''

ਇਹ ਵੀ ਪੜ੍ਹੋ-

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)