ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮਾਫ਼ ਨਹੀਂ ਕੀਤੀ ਗਈ - ਅਮਿਤ ਸ਼ਾਹ

ਬਲਵੰਤ ਰਾਜੋਆਣਾ Image copyright Getty Images

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਨਹੀਂ ਕੀਤਾ ਗਿਆ ਹੈ।

ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਬਿਆਨ ਲੁਧਿਆਣਾ ਤੋਂ ਕਾਂਗਰਸੀ ਐੱਮਪੀ ਰਵਨੀਤ ਸਿੰਘ ਬਿੱਟੂ ਦੇ ਸਵਾਲ ਦੇ ਜਵਾਬ ਵਿੱਚ ਦਿੱਤਾ ਸੀ।

ਰਵਨੀਤ ਸਿੰਘ ਬਿੱਟੂ ਨੇ ਪ੍ਰਸ਼ਨ ਕਾਲ ਦੌਰਾਨ ਅਮਿਤ ਸ਼ਾਹ ਨੂੰ ਪੁੱਛਿਆ, "ਅਸੀਂ ਹੈਦਰਾਬਾਦ ਰੇਪ ਮਾਮਲੇ ਤੋਂ ਬਾਅਦ ਰੇਪ ਦੇ ਮੁਲਜ਼ਮਾਂ ਨੂੰ ਫਾਂਸੀ ਦੇਣ ਦੀ ਗੱਲ ਕਰ ਰਹੇ ਹਾਂ ਪਰ ਅਮਿਤ ਸ਼ਾਹ ਰਾਜੋਆਣਾ ਦੀ ਸਜ਼ਾ ਮੁਆਫ ਕਿਉਂ ਕਰ ਰਹੇ ਹਨ।

ਇਸ ਸਵਾਲ ਦੇ ਜਵਾਬ ਵਿੱਚ ਅਮਿਤ ਸ਼ਾਹ ਨੇ ਕਿਹਾ, "ਤੁਸੀਂ ਮੀਡੀਆ ਦੀ ਰਿਪੋਰਟਾਂ ਨੂੰ ਨਾ ਮੰਨੋ। ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ।"

ਇਹ ਵੀ ਪੜ੍ਹੋ:

ਕੁਝ ਦਿਨਾਂ ਪਹਿਲਾਂ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਜਾ ਰਹੀ ਸੀ। ਇਸ ਦੇ ਨਾਲ ਹੀ ਇਹ ਵੀ ਰਿਪੋਰਟ ਸੀ ਕਿ ਇੱਕ ਸਿੱਖ ਕੈਦੀ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਿਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬਿਨਾਂ ਕਿਸੇ ਨਾਂ ਦਾ ਜ਼ਿਕਰ ਕੀਤੇ ਟਵੀਟ ਕਰਕੇ ਰਿਹਾਈ ਤੇ ਸਜ਼ਾ ਮਾਫ਼ੀ ਦਾ ਸਵਾਗਤ ਕੀਤਾ ਸੀ। ਭਾਵੇਂ ਕੇਂਦਰ ਸਰਕਾਰ ਵੱਲੋਂ ਅਜੇ ਸੂਚੀ ਸਾਹਮਣੇ ਨਹੀਂ ਆਈ ਸੀ।

ਕੁਝ ਮੀਡੀਆ ਰਿਪੋਰਟਾਂ ’ਚ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਸੀ ਕਿ ਜਿਸ ਸਿੱਖ ਕੈਦੀ ਦੀ ਫਾਂਸੀ ਉਮਰ ਕੈਦ ਵਿਚ ਬਦਲੀ ਗਈ ਹੈ, ਉਹ ਬਲਵੰਤ ਸਿੰਘ ਰਾਜੋਆਣਾ ਹੈ।

ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਰਾਜੋਆਣਾ ਨੂੰ ਮਾਫ਼ੀ ਦੇਣ ਦਾ ਵਿਰੋਧ ਕੀਤਾ ਸੀ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਸ ਨੂੰ ਨਾ ਸਿਰਫ਼ ਪਰਿਵਾਰ ਬਲਕਿ ਪੰਥ ਲਈ ਰਾਹਤ ਵਾਲੀ ਖ਼ਬਰ ਕਰਾਰ ਦਿੱਤਾ ਸੀ।

ਉਸ ਵੇਲੇ ਕਾਂਗਰਸ ਪਾਰਟੀ ਦੇ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ 8 ਸਿੱਖ ਕੈਦੀਆਂ ਦੀ ਰਿਹਾਈ ਉੱਤੇ ਕੋਈ ਇਤਰਾਜ ਨਹੀਂ ਹੈ ਪਰ ਰਾਜੋਆਣਾ ਨੇ ਬਹੁਤ ਗੰਭੀਰ ਜੁਰਮ ਕੀਤਾ ਹੈ, “ਅਸੀਂ ਇਸ ਦਾ ਵਿਰੋਧ ਕਰਦੇ ਹਾਂ।”

Image copyright kamaldeep Kaur/FB

ਜੇਲ੍ਹ ਵਿਚ ਰਹਿਣ ਦੇ ਬਾਵਜੂਦ ਬਲਵੰਤ ਸਿੰਘ ਰਾਜੋਆਣਾ ਸਮੇਂ ਸਮੇਂ ਉੱਤੇ ਸੁਰਖ਼ੀਆਂ ਬਣਦੇ ਰਹੇ ਹਨ।

ਬੇਅੰਤ ਸਿੰਘ ਦਾ ਕਤਲ

31 ਅਗਸਤ 1995: ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ’ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।

ਫਾਂਸੀ ਦੀ ਸਜ਼ਾ

1 ਅਗਸਤ 2007: ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ।

ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿ ਕੇ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ।

Image copyright kamaldeep kaur/ FB

ਸਜ਼ਾ ਟਾਲੀ ਗਈ

28 ਮਾਰਚ 2012: ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ। ਪੂਰੇ ਪੰਜਾਬ ਵਿਚ ਫਾਂਸੀ ਰੁਕਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ, ਲੋਕਾਂ ਨੇ ਘਰ-ਘਰ ਕੇਸਰੀ ਝੰਡੀਆਂ ਲਗਾ ਕੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ ਸੀ।

ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲੀਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।

ਸ਼ਹੀਦ ਦਾ ਦਰਜਾ

23 ਮਾਰਚ 2012: ਅਕਾਲ ਤਖ਼ਤ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਦਾ ਸਨਮਾਨ ਦਿੱਤਾ ਗਿਆ, ਜਿਸ ਨੂੰ ਲੈਣ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਪਰ ਬਾਅਦ ’ਚ 27 ਮਾਰਚ ਨੂੰ ਉਨ੍ਹਾਂ ਨੇ ਇਹ ਦਰਜਾ ਸਵੀਕਾਰ ਕਰ ਲਿਆ।

ਰਾਜੋਆਣਾ ਨੇ ਕਿਹਾ ਸੀ ਇਹ ਸਨਮਾਨ ਉਨ੍ਹਾਂ ਨੂੰ ਆਪਣੇ ਟੀਚੇ ਲਈ ਹੋਰ ਮਜ਼ਬੂਤ ਬਣਾਵੇਗਾ। ਰਾਜੋਆਣਾ ਦੇ ਨਾਲ ਹੀ ਦਿਲਾਵਰ ਸਿੰਘ ਨੂੰ ਵੀ ‘ਜ਼ਿੰਦਾ ਸ਼ਹੀਦ’ ਐਲਾਨਿਆ ਸੀ।

ਇਸ ਦਾ ਵੀ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਰੋਧ ਵੀ ਕੀਤਾ ਸੀ।

Image copyright Getty Images

ਜੇਲ੍ਹ ਚ ਭੁੱਖ ਹੜਤਾਲ

20 ਜੁਲਾਈ 2018: ਪਟਿਆਲਾ ਜੇਲ੍ਹ ਵਿਚ ਬੰਦ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਫਾਂਸੀ ਮਾਫ਼ੀ ਦੀ ਅਰਜ਼ੀ ’ਤੇ ਸੁਣਵਾਈ ਨਹੀਂ ਹੋ ਰਹੀ ਤਾਂ ਉਹ ਵਾਪਸ ਕਿਉਂ ਨਹੀਂ ਲੈਂਦੀ।

ਅਰਜ਼ੀ ਵਾਪਸ ਕਰਵਾਉਣ ਲਈ ਵੀ ਰਾਜੋਆਣਾ ਨੇ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ। ਪਰ ਜਦੋਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਖ਼ਤਮ ਕੀਤੀ। ਕੇਲਾ ਅਤੇ ਮਿੱਟੀ ਸਣੇ 6 ਚੀਜ਼ਾਂ ਜੋ ਖ਼ਤਮ ਹੋ ਸਕਦੀਆਂ ਹਨ

ਕੰਵਰ ਸੰਧੂ 'ਤੇ ਹਮਲਾ

ਰਾਜੋਆਣਾ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਇੰਟਰਵਿਊ ਕਰਨ ਆਏ ਸੀਨੀਅਰ ਪੱਤਰਕਾਰ ਤੇ ਮੌਜੂਦਾ ਆਪ ਵਿਧਾਇਕ ਕੰਵਰ ਸੰਧੂ ਉੱਤੇ ਹਮਲਾ ਕਰ ਦਿੱਤਾ ਸੀ।

Image copyright Kamaldeep kaur /FB
ਫੋਟੋ ਕੈਪਸ਼ਨ ਅਕਾਲ ਤਖਤ ਵਲੋਂ ਰਾਜੋਆਣਾ ਨੂੰ ਜਿੰਦਾ ਸ਼ਹੀਦ ਦਾ ਰੁਤਬਾ ਦਿੱਤਾ ਗਿਆ ਹੈ ਅਤੇ ਉਸ ਦੇ ਕੇਸ ਦੀ ਪੈਰਵੀ ਸ਼੍ਰੋਮਣੀ ਕਮੇਟੀ ਕਰਦੀ ਹੈ।

ਕੰਵਰ ਸੰਧੂ ਨੇ ਪੰਜਾਬ ਪੁਲਿਸ ਦੇ ਇੱਕ ਵਿਵਾਦਤ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਦੀ ਇੰਟਰਵਿਊ ਕੀਤੀ ਸੀ ਜਿਸ ਬਾਰੇ ਰਾਜੋਆਣਾ ਦਾ ਕਹਿਣਾ ਸੀ ਕਿ ਇਸ ਮੁਲਾਕਾਤ ਵਿਚ ਗ਼ਲਤ ਤੱਥ ਪੇਸ਼ ਕੀਤੇ ਗਏ ਸਨ।

ਰਾਜੋਆਣਾ ਦਾ ਪੱਖ ਲੈਣ ਲਈ ਗੁਰਮੀਤ ਪਿੰਕੀ ਨਾਲ ਜਦੋਂ ਕੰਵਰ ਸੰਧੂ ਜੇਲ੍ਹ ਵਿਚ ਗਏ ਤਾਂ ਉਨ੍ਹਾਂ ਉੱਤੇ ਰਾਜੋਆਣਾ ਨੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿਚ ਦੋ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਵੀ ਕੀਤਾ ਗਿਆ ਸੀ।

ਭੈਣ ਨੂੰ ਚੋਣ ਲੜਾਈ

ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਨੇ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਚੋਣ ਲੜੀ ਪਰ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ।

ਕਮਲਦੀਪ ਕੌਰ ਨੇ ਉਦੋ ਕਿਹਾ ਸੀ ਉਸ ਨੂੰ ਰਾਜੋਆਣਾ ਨੇ ਇਸ ਲਈ ਚੋਣ ਲੜਨ ਲਈ ਕਿਹਾ ਹੈ ਕਿਉਂ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੀਆਂ ਪੰਥ ਵਿਰੋਧੀ ਕੰਮਾਂ ਨੂੰ ਬੇਨਕਾਬ ਕਰਨਾ ਚਾਹੁੰਦਾ ਹੈ।

ਕਮਲਦੀਪ ਕੌਰ ਨੂੰ ਸਿਰਫ਼ 15313 ਵੋਟਾਂ ਹੀ ਮਿਲੀਆਂ ਸਨ।

ਰਾਜੋਆਣਾ ਦੀ ਮੋਦੀ ਨੂੰ ਹਮਾਇਤ

5 ਮਈ 2019: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਲਮਦੀਪ ਕੌਰ ਨੇ ਮੀਡੀਆ ਸਾਹਮਣੇ ਇੱਕ ਚਿੱਠੀ ਪੇਸ਼ ਕਰਦਿਆਂ ਕਿਹਾ ਕਿ ਸੀ ਇਹ ਚਿੱਠੀ ਬਲਵੰਤ ਸਿੰਘ ਨੇ ਜੇਲ੍ਹ ਵਿੱਚੋਂ ਉਨ੍ਹਾਂ ਰਾਹੀਂ ਭੇਜੀ ਹੈ।

ਕਲਮਦੀਪ ਕੌਰ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਸੀ, ''ਅਕਾਲੀ-ਭਾਜਪਾ ਗਠਜੋੜ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਸੰਘਰਸ਼ ਤੇ ਕੁਰਬਾਨੀਆਂ ਕੀਤੀਆਂ ਹਨ।"

"ਭਾਜਪਾ ਦੀ ਕੇਂਦਰ ਸਰਕਾਰ ਨੇ 35 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜਿਵੇਂ ਗਿੱਚੀ ਤੋਂ ਫੜ ਕੇ ਜੇਲ੍ਹ ਭੇਜਿਆ ਹੈ, ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ਼ ਕੀਤੀ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਮੱਲ੍ਹਮ ਲੱਗੀ ਹੈ।''

ਚਿੱਠੀ ਵਿਚ ਅੱਗੇ ਲਿਖਿਆ ਹੈ, ''ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਕੋਸ਼ਿਸ਼ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ।''

ਇਹ ਵੀ ਪੜ੍ਹੋ

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)