'ਆਪ' ਵੱਲੋਂ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਦਾ ਘਿਰਾਓ, ਜਾਣੋ ਕੀ ਰੱਖੀਆਂ ਮੰਗਾਂ
'ਦਲਿਤਾਂ ਦੇ ਵਜ਼ੀਫਾ ਸਕੈਮ' ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ AAP ਦਾ ਪ੍ਰਦਰਸ਼ਨ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਅਤੇ ਕਥਿਤ ਵਜ਼ੀਫ਼ਾ ਘੁਟਾਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ।
ਇਸ ਮੌਕੇ ਪਾਰਟੀ ਆਗੂਆਂ ਨੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੰਤਰੀ ਸਾਧੂ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕੇਂਦਰ ਸਰਕਾਰ ਤੋਂ 'ਕਿਸਾਨ ਵਿਰੋਧੀ' ਨਵੇਂ ਕਾਨੂੰਨ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ:
ਪਾਰਟੀ ਵੱਲੋਂ ਸਾਧੂ ਸਿੰਘ ਧਰਮ ਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਐੱਸਸੀ ਵਿਦਿਆਰਥੀਆਂ ਦੇ ਵਜੀਫ਼ੇ ਦੀ ਵੰਡ ਵਿੱਚ ਹੋਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਜਾਂਚ ਲਈ ਬਣਾਈ ਗਈ ਉੱਚ ਪੱਧਰੀ ਜਾਂਚ ਟੀਮ ਨੇ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਪੰਜਾਬ ਦੀ ਚੀਫ਼ ਸੈਕਰੇਟਰੀ ਵਿਨੀ ਮਹਾਜਨ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਜਾਂਚ ਵਿੱਚ ਐੱਸਸੀ ਵਿਦਿਆਰਥੀਆਂ ਦੇ ਪੋਸਟ-ਮੈਟਰਿਕ ਵਜੀਫਿਆਂ ਦੀ ਰਕਮ ਵਿੱਚੋਂ 39 ਕਰੋੜ ਰੁਪਏ ਬੋਗਸ ਖਾਤਿਆਂ ਵਿੱਚ ਭੇਜੇ ਜਾਣ ਦੇ ਮਾਮਲੇ ਵਿੱਚ ਮੰਤਰੀ ਦੇ ਕਥਿਤ ਦਖ਼ਲ ਬਾਰੇ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ।
ਮੁਜ਼ਾਹਰਾਕਾਰੀਆਂ ਨੂੰ ਬਾਅਦ ਵਿੱਚ ਪੁਲਿਸ ਵੱਲੋਂ ਹਿਰਾਸ ਵਿੱਚ ਲੈ ਲਿਆ ਗਿਆ।
ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਰਕਾਰ ਦੀਆਂ ਦਮਨਕਾਰੀਆਂ ਨੀਤੀਆਂ ਸਾਹਮਣੇ ਆ ਰਹੀਆਂ ਹਨ, ਅਸੀਂ ਸਾਰੇ ਚੁਣੇ ਹੋਏ ਨੁਮਾਇੰਦੇ ਸ਼ਾਂਤੀਪੂਰਬਕ ਪ੍ਰੋਟੈਸਟ ਕਰ ਰਹੇ ਸੀ।"
"ਸਾਨੂੰ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਪਤਾ ਨਹੀਂ ਕਿੱਥੇ ਲਿਜਾਇਆ ਜਾ ਰਿਹਾ ਹੈ। ਲੇਕਿਨ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਏ ਤੇ ਜੇਲ੍ਹ ਵਿੱਚ ਭੇਜਿਆ ਜਾਵੇ।"
"ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਕਰੇ ਜਿਸ ਦੀ ਨਿਗਰਾਨੀ ਹਾਈ ਕੋਰਟ ਦਾ ਸਿਟਿੰਗ ਜੱਜ ਕਰੇ।"
"ਇਸ ਦੇ ਨਾਲ ਹੀ ਕਿਸਾਨਾਂ ਦੇ ਖ਼ਿਲਾਫ਼ ਪਿਛਲੇ ਦਿਨਾਂ ਵਿੱਚ ਜਿਹੜੇ ਤਿੰਨ ਬਿੱਲ ਆਏ ਹਨ ਉਸ ਨੂੰ ਲੈ ਕੇ ਤੁਰੰਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇ। ਆਲ ਪਾਰਟੀ ਮੀਟਿੰਗ ਸੱਦੀ ਜਾਵੇ ਜਿਸ ਵਿੱਚ ਕਿਸਾਨ ਜਥੇਬੰਦੀਆਂ ਵੀ ਹੋਣ, ਸ਼ੈਲਰ ਮਾਲਕ ਵੀ ਹੋਣ, ਖੇਤ ਮਜ਼ਦੂਰ ਵੀ ਹੋਣ।"
"ਇਹ ਸਾਰੀਆਂ ਪ੍ਰੋਸੀਡਿੰਗਸ ਲਾਈਵ ਹੋਣੀਆਂ ਚਾਹੀਦੀਆਂ ਹਨ, ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਣਾ ਚਾਹੀਦਾ ਹੈ।"
ਇਹ ਵੀ ਪੜ੍ਹੋ:
ਵੀਡੀਓ: ਰਿਆ ਨੂੰ ਜ਼ਮਾਨਤ ਦੇਣ ਸਮੇਂ ਅਦਾਲਤ ਨੇ ਕੀ ਸ਼ਰਤ ਰੱਖੀ
ਵੀਡੀਓ: ਹਾਥਰਸ- ਗਾਂਜਾ ਖ਼ਤਰਨਾਕ ਕਿੰਨਾ ਤੇ ਦਵਾਈ ਦੇ ਤੌਰ 'ਤੇ ਕਿੰਨਾ ਦਰੁਸਤ?
ਵੀਡੀਓ: ਪੰਜਾਬ ਵਿੱਚ ਭਾਜਪਾ ਦੀ ਮੁਖ਼ਾਲਫ਼ਤ ਕਿਉਂ ਹੋ ਰਹੀ?